Jalandhar School Closed: ਡਿਪਟੀ ਕਮਿਸ਼ਨਰ ਵੱਲੋਂ 26 ਜੁਲਾਈ ਤੱਕ ਛੁੱਟੀਆਂ ਦਾ ਐਲਾਨ
ਫਰੰਟ ਲਾਈਨ (ਰਮੇਸ਼ ਕੁਮਾਰ) ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 4 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਹਨ। ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਮੁੰਡੀ ਸ਼ਹਿਰੀਆਂ, ਧੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਲਾਕੇ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ। ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਵਿੱਚ ਇਸ ਤੋਂ ਪਹਿਲਾਂ 18 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿੱਚ ਛੁੱਟੀਆਂ ਜਾਰੀ ਸਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਨ੍ਹਾਂ ਸਕੂਲਾਂ ਵਿੱਚ 24 ਤੋਂ 26 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।