ਜਲੰਧਰ (ਰਮੇਸ਼ ਕੁਮਾਰ)– ਨਕੋਦਰ ਰੋਡ ’ਤੇ ਸਥਿਤ ਇਕ ਸਕੂਲ ਦੇ ਪ੍ਰਿੰਸੀਪਲ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਵਿਚ ਕਮਿਸ਼ਨਰੇਟ ਪੁਲਸ ਨੇ 2 ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਅਣਪਛਾਤੇ ਨੌਜਵਾਨਾਂ ਨੇ ਨਕੋਦਰ ਰੋਡ ’ਤੇ ਸਥਿਤ ਡਾ. ਅੰਬੇਡਕਰ ਪਬਲਿਕ ਸਕੂਲ ਵਿਚ ਦਾਖ਼ਲ ਹੋ ਕੇ ਪ੍ਰਿੰਸੀਪਲ ਸੰਤ ਰਾਮ ਕਟਾਰੀਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ।
ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਗੁਰਦੇਵ ਕੁਮਾਰ ਉਰਫ ਕਾਲਾ ਤੇ ਸੋਨੂੰ ਦੋਵੇਂ ਨਿਵਾਸੀ ਆਬਾਦਪੁਰਾ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰ ਨੌਜਵਾਨਾਂ ਵਿਚੋਂ ਸੋਨੂੰ ਖ਼ਿਲਾਫ਼ ਪਹਿਲਾਂ ਵੀ ਇਕ ਹੋਰ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਕਾਬੂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
In Jalandhar, a case of attempted murder has been registered on charges of murderous attack on the principal, 2 arrested
3,200